ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
ਹੁਸ਼ਿਆਰਪੁਰ, 16 ਸਤੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਨਾਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ 'ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖ਼ਰਤਾ' ਨਾਂ ਦੀ ਇਕ ਮੁਹਿੰਮ ਸਬੰਧੀ ਵਿਚਾਰ-ਵਟਾਂਦਰਾ ਕੀਤਾ, ਜੋ ਕਿ 20 ਸਤੰਬਰ 2023 ਤੋਂ 20 ਅਕਤੂਬਰ 2023 ਤੱਕ ਚਲਾਈ ਜਾਣੀ ਹੈ। ਇਸ ਮੁਹਿੰਮ ਦੌਰਾਨ ਹਵਾਲਾਤੀਆਂ/ਕੈਦੀਆਂ ਨੂੰ ਸਕਿੱਲਡ ਬੇਸਡ ਟ੍ਰੇਨਿੰਗ ਦਿੱਤੀ ਜਾਵੇਗੀ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੇਨਿੰਗ ਦੇਣ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਲਈ ਸੁਪਰਡੈਂਟ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਹਵਾਲਾਤੀਆਂ/ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਜੇਲ੍ਹ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ 6 ਪੈਟੀ ਅਫੈਂਸ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਸਿੰਘ, ਵਧੀਕ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।