-ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੁਲਿਸ ਲਾਈਨ ਵਿਖੇ ਸ਼ਰਧਾਂਜਲੀ ਸਮਾਰੋਹ
ਪਟਿਆਲਾ, 21 ਅਕਤੂਬਰ:ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਮੰਗ ਤੇ ਸਪਲਾਈ ਖ਼ਤਮ ਕਰਨ ਸਮੇਤ ਗੈਂਸਟਰਵਾਦ ਤੇ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰਨ ਲਈ ਹਰ ਪੱਖੋਂ ਸਮਰੱਥ ਤੇ ਪੂਰੀ ਤਰ੍ਹਾਂ ਸੁਚੇਤ ਹੈ।
ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਗੈਂਗਸਟਰਵਾਦ ਤੇ ਨਸ਼ਿਆਂ ਵਰਗੀਆਂ ਚੁਣੌਤੀਆਂ ਸਮੇਤ ਗਵਾਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅੱਤਵਾਦ ਤੇ ਤਸਕਰੀ ਆਦਿ ਨਾਲ ਵੀ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠ ਰਹੀ ਹੈ।
ਮੁਖਵਿੰਦਰ ਸਿੰਘ ਛੀਨਾ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਡਿਊਟੀ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਏ.ਡੀ.ਜੀ.ਪੀ. ਨੇ ਕਿਹਾ ਕਿ ਗੁਆਂਢੀ ਮੁਲਕ ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ।
ਏ.ਡੀ.ਜੀ.ਪੀ. ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।
ਐਸ.ਐਸ.ਪੀ. ਵਰੁਣ ਸ਼ਰਮਾ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਅਟਾਰਨੀ ਲੀਗਲ ਅਨਮੋਲਜੀਤ ਸਿੰਘ, ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਪ੍ਰੋਬੇਸ਼ਨਰ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ।
ਡੀ.ਐਸ.ਪੀ. (ਸਥਾਨਕ) ਦਲਬੀਰ ਸਿੰਘ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ 'ਚ ਏ.ਡੀ.ਜੀ.ਪੀ. ਛੀਨਾ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ।
ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਅਮਰ ਸਿੰਘ ਚਾਹਲ, ਬਲਕਾਰ ਸਿੰਘ ਸਿੱਧੂ, ਸਾਬਕਾ ਅਧਿਕਾਰੀ ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਸ਼ਰਨਜੀਤ ਸਿੰਘ, ਕੇਸਰ ਸਿੰਘ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਪੀਜ ਮਹੰਮਦ ਸਰਫ਼ਰਾਜ ਆਲਮ, ਹਰਵੰਤ ਕੌਰ, ਹਰਬੀਰ ਸਿੰਘ ਅਟਵਾਲ, ਜਸਵੀਰ ਸਿੰਘ ਸਮੇਤ ਸਮੂਹ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।