ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ



ਨਵਾਂਸ਼ਹਿਰ, 9 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਚੱਲ ਰਹੀ 'ਪਰਾਲੀ ਪ੍ਰਬੰਧਨ ਚੇਤਨਾ ਯਾਤਰਾ' ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ. ਕੈਂਪਸ ਵਿੱਚ ਆਯੋਜਿਤ ਕੀਤਾ ਗਿਆ।

          ਇਸ ਮੌਕੇ ਪਿੰਡ ਜਗਤਪੁਰ ਦੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਨਿਰਦੇਸ਼ਕ ਪਸਾਰ ਸਿਖਿਆ ਡਾ: ਅਸ਼ੋਕ ਕੁਮਾਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡੀਨ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ।

          ਸਵਾਗਤੀ ਭਾਸ਼ਣ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੇਂਦਰ ਵਿਖੇ ਸਿਖਲਾਈ ਲੈ ਕੇ ਕਿਸਾਨਾਂ ਨੂੰ ਸਹਾਇਕ ਧੰਧੇ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ।

ਮਹਿੰਦਰ ਸਿੰਘ ਦੁਸਾਂਝ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਖੇਤਰਾਂ ਵਿੱਚ ਕੇ.ਵੀ.ਕੇ ਅਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਨੂੰ ਖੇਤ ਵਿੱਚ ਮਿਲਾਉਣ ਜਾਂ ਵਿਛਾਉਣ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਵੇ ਅਤੇ ਵਾਤਾਵਰਣ ਵੀ ਦੂਸ਼ਿਤ ਨਾ ਹੋਵੇ।

          ਡਾ: ਅਸ਼ੋਕ ਕੁਮਾਰ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੇਤੀ ਜਿਣਸਾਂ ਦੇ ਮੁੱਲ ਉਤਪਾਦ ਵਿੱਚ ਵਾਧੇ ਲਈ ਪ੍ਰੋਸੈਸਿੰਗ 'ਤੇ ਵੀ ਜੋਰ ਦਿੱਤਾ।

          ਡਾ. ਗੁਰਦੇਵ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੋਚ ਸਦਕੇ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਈ ਵੀ ਪਰਾਲੀ ਸਾੜਣ ਦਾ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਪੂਰੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣ।

          ਪ੍ਰੋਜੈਕਟ ਡਾਇਰੈਕਟਰ (ਆਤਮਾ ਸਕੀਮ) ਡਾ. ਕਮਲਦੀਪ ਸਿੰਘ ਸੰਘਾ,  ਸਹਾਇਕ ਖੇਤੀਬਾੜੀ ਇੰਜੀਨੀਅਰ ਲਵਲੀ, ਅਤੇ ਵੈਟਰਨਰੀ ਪਸ਼ੂ ਪਾਲਣ ਵਿਭਾਗ ਡਾ. ਮਨੀਕਾਂਤ ਨੇ ਕੈਂਪ ਦੌਰਾਨ ਕਿਸਾਨ ਭਲਾਈ ਬਾਬਤ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

          ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਦੇ ਮਾਹਿਰਾਂ ਵੱਲੋਂ ਇਸ ਮੌਕੇ 'ਤੇ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਪੌਦਾ ਰੋਗ ਮਾਹਿਰ ਡਾ. ਬਲਜੀਤ ਸਿੰਘ ਨੇ ਪਰਾਲੀ ਦੇ ਪ੍ਰਬੰਧਨ ਵਾਲੇ ਖੇਤਾਂ ਵਿੱਚ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਚਰਚਾ ਕੀਤੀ, ਸਬਜੀਆਂ ਦੇ ਮਾਹਿਰ ਡਾ. ਆਰਤੀ ਵਰਮਾ ਨੇ ਘਰੇਲੂ ਪੌਸ਼ਟਿਕ ਬਗੀਚੀ ਬਾਰੇ ਚਰਚਾ ਕੀਤੀ, ਖੇਤੀਬਾੜੀ ਇੰਜੀਨੀਅਰ ਡਾ: ਕਿਰਨਦੀਪ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬੱਧ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਗ੍ਰਹਿ ਵਿਗਿਆਨ ਦੇ ਮਾਹਿਰ ਰੇਣੂ ਬਾਲਾ ਨੇ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਉਤਪਾਦਕ ਸੰਸਥਾਵਾਂ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ/ਕਿਸਾਨ ਬੀਬੀਆਂ ਦੀ ਆਮਦਨ ਵਧਾਉਣ ਵਿੱਚ ਇਨ੍ਹਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

          ਇਸ ਮੌਕੇ ਪਤਵੰਤਿਆਂ ਵੱਲੋਂ ਕੇ.ਵੀ.ਕੇ ਦੇ ਗੋਦ ਲਏ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਅਤੇ ਸਿਖਿਆਰਥੀਆਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ ਅਤੇ ਸਹਾਇਕ ਧੰਦਿਆਂ ਵਿੱਚ ਉਪਲਬੱਧੀਆਂ ਬਾਬਤ ਸਨਮਾਨਿਤ ਕੀਤਾ ਗਿਆ। ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰਣ ਵੀ ਕੀਤਾ ਅਤੇ ਇਸ ਨੇਕ ਕਾਰਜ ਲਈ ਭਰਵਾਂ ਹੁੰਗਾਰਾ ਦਿਖਾਇਆ।

          ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ, ਸਹਾਇਕ ਵਿਭਾਗਾਂ, ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀਆਂ ਦੁਆਰਾ ਪ੍ਰਦਰਸ਼ਨੀਆਂ ਦਾ ਪ੍ਰਬੰਧ ਕੀਤਾ ਗਿਆ ਅਤੇ ਕਿਸਾਨਾਂ ਦੇ ਲਾਭ ਲਈ ਹਾੜੀ ਦੀਆਂ ਫ਼ਸਲਾਂ ਦੇ ਬੀਜ ਅਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਅਖੀਰ ਵਿੱਚ ਡਾ: ਮਨਿੰਦਰ ਸਿੰਘ ਬੌਂਸ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।