ਗੜ੍ਹਸ਼ੰਕਰ ਦੇ ਪਿੰਡ ਐਮਾ ਮੁਗਲਾਂ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਨੂੰ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ

ਹੁਸ਼ਿਆਰਪੁਰ, 6 ਅਕਤੂਬਰ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ
ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਨੇ ਪੁਲਿਸ, ਖੇਤੀਬਾੜੀ ਵਿਭਾਗ ਅਤੇ
ਬੀ.ਡੀ.ਪੀ.ਓ ਦਫ਼ਤਰ ਦੀ ਟੀਮ ਸਮੇਤ ਪਿੰਡ ਐਮਾ
ਮੁਗਲਾਂਦਾ ਦੌਰਾ ਕੀਤਾ। ਜਾਣਕਾਰੀ ਦਿੰਦਿਆਂ ਐਸ.ਡੀ.ਐਮ ਗੜ੍ਹਸ਼ੰਕਰ ਨੇ ਦੱਸਿਆ ਕਿ ਪੰਜਾਬ
ਰਿਮੋਟ ਸੈਂਸਿੰਗ ਵੱਲੋਂ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੇ ਮਾਮਲੇ ਦੀ ਨਿਗਰਾਨੀ ਕੀਤੀ ਜਾ
ਰਹੀ ਹੈ ਅਤੇ 4 ਅਕਤੂਬਰ ਨੂੰ ਪੰਜਾਬ ਰਿਮੋਟ ਸੈਂਸਿੰਗ ਵੱਲੋਂ ਉਕਤ ਪਿੰਡ ਵਿਚ ਪਰਾਲੀ ਸਾੜਨ
ਦੀ ਘਟਨਾ ਦਾ ਇਕ ਮਾਮਲਾ ਸਾਹਮਣੇ ਆਇਆ ਸੀ। ਇਸ ਮੌਕੇ ਸਮੂਹ ਪ੍ਰਸ਼ਾਸਨਿਕ ਟੀਮ ਨੇ ਪਿੰਡ ਦਾ
ਦੌਰਾ ਕਰਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਜਿਸ
ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ, ਉਸ ਦੇ ਖੇਤਾਂ ਵਿਚ ਮੌਕਾ ਦੇਖ ਕੇ ਉਸ ਦਾ 5
ਹਜ਼ਾਰ ਰੁਪਏ ਦਾ ਚਲਾਨ ਕੀਤਾ ਗਿਆ।
ਐਸ.ਡੀ.ਐਮ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ
ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ
ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ,
ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ। ਉਨ੍ਹਾਂ ਪਿੰਡ ਵਾਸੀਆਂ ਅਤੇ
ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ
ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ
ਲੈਣ ਵਿਚ ਵੀ ਦਿੱਕਤ ਪੈਦਾ ਹੁੰਦੀ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਮਾੜਾ ਅਸਰ ਪੈਂਦਾ
ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ
ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਇਨ੍ਹਾਂ
ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਪੁਲਿਸ
ਵਿਭਾਗ ਵੱਲੋਂ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।