ਕੈਬਨਿਟ ਮੰਤਰੀ ਨੇ 16 ਕਲੀਨਿਕਲ ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ- ਸਿਵਲ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦੀ ਵੀ ਕੀਤੀ ਸਮੀਖਿਆ
ਹੁਸ਼ਿਆਰਪੁਰ, 9 ਅਕਤੂਬਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ ਹੈ ਅਤੇ ਸੂਬੇ ਵਿਚ 650 ਤੋਂ ਵੱਧ ਆਮ ਆਦਮੀ ਕਲੀਨਿਕ ਵੱਡੀ ਸਫ਼ਲਤਾਪੂਰਵਕ ਲੋਕਾਂ ਦੇ ਘਰਾਂ ਦੇ ਨੇੜੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ। ਉਹ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਚ ਆਮ ਆਦਮੀ ਕਲੀਨਿਕ ਲਈ ਨਿਯੁਕਤ ਕੀਤੇ ਗਏ 16 ਕਲੀਨਿਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਇਥੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਵੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵਲੋਂ ਸਾਂਝੇ ਤੌਰ 'ਤੇ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਦਿਸ਼ਾ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਪੰਜਾਬ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰਨ ਵਿਚ ਮਹੱਤਵਪੂਰਨ ਸਾਬਤ ਹੋਣਗੇ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬੱਧ ਹੋਣਗੀਆਂ।
ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਕਲੀਨਿਕਲ ਸਹਾਇਕਾਂ ਨੂੰ ਮਿਹਨਤ ਅਤੇ ਲਗਨ ਨਾਲ ਮਿਲੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਜਿਥੇ ਸਿਵਲ ਹਸਪਤਾਲਾਂ ਦਾ ਬੋਝ ਘੱਟ ਹੋਇਆ ਹੈ, ਉਥੇ ਛੋਟੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਜਲਦ ਹੀ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ, ਜਿਸ ਨਾਲ ਜ਼ਿਲ੍ਹੇ ਵਿਚ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ, ਆਗਿਆ ਪਾਲ ਸਿੰਘ ਸਾਹਨੀ, ਡੀ.ਪੀ.ਐਮ ਮੁਹੰਮਦ ਆਸਿਫ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।