ਸਕੂਲੀ ਬੱਚਿਆਂ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਫ਼ੈਲਾਈ ਜਾਗਰੂਕਤਾ

-ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਕੱਢੀਆਂ ਜਾਗਰੂਕਤਾ ਰੈਲੀਆਂ 
ਹੁਸ਼ਿਆਰਪੁਰ, 2 ਨਵੰਬਰ :ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਹਰਭਗਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਧੀਰਜ ਵਸ਼ਿਸ਼ਟ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੈਕੰਡਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਸ ਜਾਗਰੂਕਤਾ ਰੈਲੀ ਦਾ ਹਿੱਸਾ ਬਣੇ | ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਨਾਅਰੇ ਲਿਖ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜਿਥੋਂ ਵੀ ਬੱਚੇ ਲੰਘੇ ਉੱਥੇ ਉਨ੍ਹਾਂ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਚੰਗੀ ਸਿਹਤ ਅਤੇ ਚੰਗੇ ਵਾਤਾਵਰਨ ਦਾ ਸੁਨੇਹਾ ਦਿੱਤਾ |
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਪਰਾਲੀ ਨਾ ਸਾੜਨ ਲਈ ਕੱਢੀ ਗਈ ਜਾਗਰੂਕਤਾ ਰੈਲੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਬਿਨਾਂ ਸ਼ੱਕ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਕੱਢੀ ਗਈ ਇਸ ਰੈਲੀ ਵਿਚ ਵਿਦਿਆਰਥੀ ਸਭ ਤੋਂ ਕਾਰਗਰ ਅਤੇ ਲਾਹੇਵੰਦ ਮਾਧਿਅਮ ਸਾਬਤ ਹੋ ਸਕਦੇ ਹਨ ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਪਰਿਵਾਰਾਂ ਦਾ ਕਿੱਤਾ ਖੇਤੀਬਾੜੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ  ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸੰਭਾਲਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਾਂ ਵਿਚ ਪਰਾਲੀ ਸਾੜਨ ਦੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਜਾਂਦੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਨ ਨੂੰ ਵੀ ਬਚਾਇਆ ਜਾ ਸਕੇ।