ਡਿਪਟੀ ਕਮਿਸ਼ਨਰ ਵੱਲੋਂ ਹੁਸ਼ਿਆਰਪੁਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ

ਹੁਸ਼ਿਆਰਪੁਰ, 11 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ
ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ
ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ
ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਭ ਦੀ ਜ਼ਿੰਦਗੀ
ਵਿੱਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ
ਧੂੰਆਂ ਮਨੁੱਖੀ ਜੀਵਨ ਲਈ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ
ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ
ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਪਟਾਖ਼ੇ ਰਹਿਤ ਮਨਾਈ
ਜਾਵੇ ਅਤੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ
ਕੀਤਾ ਜਾਵੇ। ਉਨ੍ਹਾਂ ਇਸ ਸ਼ੁੱਭ ਦਿਹਾੜੇ 'ਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ
ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਵਿੱਚ
ਯੋਗਦਾਨ ਦੇਣ।