ਹੁਸ਼ਿਆਰਪੁਰ, 11 ਨਵੰਬਰ :ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ 'ਤੇ ਸਿੱਖਾਂ ਨੂੰ ਇਤਿਹਾਸਕ 'ਬੰਦੀ ਛੋੜ ਦਿਵਸ' ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।