ਨਵਾਂਸ਼ਹਿਰ, 1 ਨਵੰਬਰ - ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਖੇਤੀਬਾੜੀ ਅਫ਼ਸਰਾਂ, ਤਹਿਸੀਲਦਾਰ ਅਤੇ ਸਮੂਹ ਕਲੱਸਟਰ ਅਫ਼ਸਰਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਦਾ ਰੀਵਿਊ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਨਿਰਦੇਸ਼ ਦਿੱਤੇ।
ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਕੁਝ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਉਪਰੰਤ ਬਾਕੀ ਰਹਿੰਦੀ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਸਮੂਹ ਅਧਿਕਾਰੀਆਂ ਨੂੰ ਹਦਾਇਕ ਕੀਤੀ ਕਿ ਕਿਸਾਨਾਂ ਨੂੰ ਜਾਗਰੂਕ ਕਰਲ ਲਈ ਚੱਲ ਰਹੇ ਵਟਸਅੱਪ ਗਰੁੱਪਾਂ 'ਤੇ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਅਜਿਹਾ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਵਲੋਂ ਲਈਆਂ ਗਈਆਂ ਸਰਕਾਰੀ ਸਹੂਲਤਾਂ ਸਬਸਿਡੀ, ਅਸਲਾ ਲਾਇਸੰਸ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਨੂੰ ਬੰਦ ਕਰਨ ਲਈ ਸਬੰਧਤ ਉਚ ਅਧਿਕਾਰੀਆਂ ਨੂੰ ਲਿਖਿਆ ਜਾਵੇ।