ਲੇਬਰ ਅਫ਼ਸਰ ਰਣਦੀਪ ਸਿੰਘ ਅਤੇ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਦੁਕਾਨਾਂ ਦੇ ਬੋਰਡ ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ
ਨਵਾਂਸ਼ਹਿਰ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਅਤੇ ਲੇਬਰ ਅਫ਼ਸਰ ਰਣਦੀਪ ਸਿੰਘ ਨੇ ਨਵਾਂਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਲਈ ਜਾਗਰੂਕ ਕੀਤਾ। ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਅਤੇ ਪੁਲਿਸ ਕਰਮਚਾਰੀਆਂ ਵੀ ਨਾਲ ਸਨ।