ਨਵਾਂਸ਼ਹਿਰ, 12 ਦਸੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੰਫਲੂਏਂਜਾ (ਐੱਚ1ਐੱਨ1) ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸ਼ਿਆਮਾਵੇਦਾ ਦੇਵੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਮੀਟਿੰਗ ਵਿਚ ਇੰਫਲੂਏਂਜਾ ਨੂੰ ਕੰਟਰੋਲ ਕਰਨ ਲਈ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਆਈ.ਸੀ.ਡੀ.ਐੱਸ., ਪੰਚਾਇਤ ਵਿਭਾਗ, ਇੰਡੀਅਨ ਮੈਡੀਕਲ ਕੌਂਸਲ ਅਤੇ ਵੱਖ-ਵੱਖ ਭਾਈਵਾਲ ਵਿਭਾਗਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਇੰਫਲੂਏਂਜਾ (ਐੱਚ1ਐੱਨ1) ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਇੰਫਲੂਏਂਜਾ (ਐੱਚ1ਐੱਨ1) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਬਿਮਾਰੀ 'ਤੇ ਸਮਾਂ ਰਹਿੰਦਿਆਂ ਕਾਬੂ ਪਾਇਆ ਜਾ ਸਕੇ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ, (ਸੈਕੰਡਰੀ ਅਤੇ ਐਲੀਮੈਂਟਰੀ, ਨੂੰ ਹਦਾਇਤ ਕੀਤੀ ਕਿ ਸਵੇਰ ਦੀ ਐਂਸਬਲੀ ਦੌਰਾਨ ਵਿਦਿਆਰਥੀਆਂ ਨੂੰ ਇੰਫਲੂਏਂਜਾ (ਆਈ.ਐੱਲ.ਆਈ.) ਸਬੰਧੀ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਆਮ ਲੋਕਾਂ ਨੂੰ ਸਮੇਂ ਸਮੇਂ 'ਤੇ ਇੰਫਲੂਏਂਜਾ ਸਬੰਧੀ ਜਾਗਰੂਕ ਕੀਤਾ ਜਾਵੇ। ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਨਵਾਂਸ਼ਹਿਰ, ਬੰਗਾ, ਔੜ, ਬਲਾਚੌਰ, ਸੜੋਆ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਰਾਹੀਂ ਆਮ ਲੋਕਾਂ ਨੂੰ ਇੰਫਲੂਏਂਜ ਸਬੰਧੀ ਕਰੋ ਅਤੇ ਨਾ ਕਰੋ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾਵੇ। ਸੀ.ਡੀ.ਪੀ.ਓ, ਨਵਾਂਸ਼ਹਿਰ, ਬੰਗਾ, ਔੜ, ਬਲਾਚੌਰ, ਸੜੋਆ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰਨ ਵਾਲੇ ਵਰਕਰਾਂ ਅਤੇ ਹੈਲਪਰਾਂ ਨੂੰ ਵੀ "ਕਰੋ ਅਤੇ ਨਾ ਕਰੋ" ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾਵੇ।
ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹੇ ਵਿਚ ਇੰਫਲੂਏਂਜਾ (ਐੱਚ1ਐੱਨ1) ਦੀ ਮੌਜੂਦਾ ਸਥਿਤੀ ਅਤੇ ਇੰਫਲੂਏਂਜਾ ਨੂੰ ਕੰਟਰੋਲ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ। ਸਿਵਲ ਸਰਜਨ ਨੇ ਦੱਸਿਆ ਕਿ ਇੰਫਲੂਏਂਜਾ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਚੌਕਸ ਹੈ। ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇੰਫਲੂਏਂਜਾ ਦੇ ਫੈਲਾਅ ਨੂੰ ਰੋਕਣ ਲਈ ਇੱਕ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਨੂੰ ਸਮਾਂ ਰਹਿੰਦਿਆਂ ਕੰਟਰੋਲ ਕੀਤਾ ਜਾ ਸਕੇ।