Fwd: ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਪੰਜਾਬ ਸਰਕਾਰ ਕਮਜ਼ੋਰ ਵਰਗ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ- 14.12.2023

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਪੰਜਾਬ ਸਰਕਾਰ ਕਮਜ਼ੋਰ ਵਰਗ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 14 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰਹੀਮਪੁਰ ਵਿਖੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦੀ ਮੌਜੂਦਗੀ ਵਿਚ ਕਰਵਾਏ ਗਏ ਸੰਤ ਸੰਮੇਲਨ ਵਿਚ ਸੰਤ ਨਿਰੰਜਨ ਦਾਸ ਜੀ ਅਤੇ ਹੋਰਨਾਂ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲਿਆ। ਸੰਤ ਸੰਮੇਲਨ ਪ੍ਰਬੰਧਕ ਕਮੇਟੀ ਰਹੀਮਪੁਰ ਵੱਲੋਂ ਕਰਵਾਏ ਗਏ ਇਸ ਸੰਤ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸੰਤ ਸੰਮੇਲਨ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ਜੋ ਸਮਾਜ ਦੀ ਅਗਵਾਈ ਕਰਦੇ ਹੋਏ ਉਨ੍ਹਾਂ ਦਾ ਸਮਾਜਿਕ ਤੇ ਧਾਰਮਿਕ ਤੌਰ 'ਤੇ ਵਿਕਾਸ ਕਰਦੇ ਹਨ | ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਇਕ ਆਦਰਸ਼ ਸਮਾਜ ਦਾ ਸੰਦੇਸ਼ ਦਿੱਤਾ ਜਿਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਬਰਦਾਸ਼ਤ ਨਹੀਂ ਕਰਨੀ ਪੈਂਦੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇਕ ਮਹਾਨ ਅਧਿਆਤਮਿਕ ਗੁਰੂ ਅਤੇ ਸਮਾਜ ਦੇ ਗਰੀਬ ਅਤੇ ਬੇਸਹਾਰਾ ਤਬਕਿਆਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।
ਬ੍ਰਮ ਸ਼ੰਕਰ ਜਿੰਪਾ ਨੇ ਡੇਰਾ ਬੱਲਾਂ ਵੱਲੋਂ ਲੋਕ ਭਲਾਈ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੇਰੇ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਵਿਧਾਇਕ ਰਾਜ ਕੁਮਾਰ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਨਿਗਮ ਦੀ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਅਤੇ ਚੰਦਨ ਲੱਕੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।