ਨਵੀਂ ਖੇਡ ਨੀਤੀ ਖਿਡਾਰੀਆਂ ਦਾ ਕਰੇਗੀ ਸਰਬਪੱਖੀ ਵਿਕਾਸ
ਹੁਸ਼ਿਆਰਪੁਰ, 4 ਦਸੰਬਰ : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਇਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪ੍ਰਚਲਿਤ ਖੇਡਾਂ ਦੇ ਹਿਸਾਬ ਨਾਲ ਇਥੇ ਵੱਖ-ਵੱਖ ਖੇਡਾਂ ਲਈ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਖੇਡਾਂ ਨੂੰ ਹੋਰ ਉਤਸ਼ਾਹ ਮਿਲੇ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਨੰਗਲ ਖਿਲਾੜੀਆਂ ਵਿਚ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿਚ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਦੀਪਕ ਬਾਲੀ, ਅਰਜੁਨ ਐਵਾਰਡੀ ਗੁਰਦੇਵ ਸਿੰਘ ਗਿੱਲ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਣਨ ਨਾਲ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਮੁਕਾਬਲੇ ਕਰਵਾਏ ਗਏ ਹਨ। ਇਸ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸਾਲ ਦੇ ਖੇਡ ਮੁਕਾਬਲੇ ਵੀ ਬੜੇ ਉਤਸ਼ਾਹ ਨਾਲ ਸੰਪੰਨ ਹੋਏ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਨਾਲ ਖਿਡਾਰੀਆਂ ਦਾ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਪਿੰਡ ਨੰਗਲ ਖਿਡਾਰੀਆਂ ਵਿਚ ਫੁੱਟਬਾਲ ਖੇਡ ਨਰਸਰੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੇ ਸਟੇਡੀਅਮ ਦੇ ਬੁਨਿਆਦੀ ਢਾਂਚੇ ਅਤੇ ਰੱਖ-ਰਖਾਅ ਲਈ ਪ੍ਰਬੰਧਕਾਂ ਵੱਲੋਂ 25 ਲੱਖ ਰੁਪਏ ਤੱਕ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਮੌਕੇ ਮੋਹਨ ਲਾਲ ਚਿੱਤੋਂ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਕਲੱਬ ਪ੍ਰਧਾਨ ਨਵਨੀਤ ਭਾਰਦਵਾਜ, ਸਕੱਤਰ ਜੀ.ਸੀ ਭਾਰਦਵਾਜ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।