-ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਹਲਕੇ ਦੇ 10 ਪਿੰਡਾਂ ਨੂੰ ਵੰਡੇ 36.40 ਲੱਖ ਦੀ ਗ੍ਰਾਂਟ ਦੇ ਚੈੱਕ

ਗੜ੍ਹਸ਼ੰਕਰ/ਹੁਸ਼ਿਆਰਪੁਰ, 12 ਜਨਵਰੀ :  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਤਹਿਤ ਜੰਗੀ ਪੱਧਰ 'ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਦੇ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਕਿ ਪਿੰਡਾਂ ਦੇ ਵਸਨੀਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਪਿੰਡਾਂ ਲਈ ਵੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਹਲਕੇ ਦੀ ਨੁਹਾਰ ਬਦਲਣ ਜਾ ਰਹੀ ਹੈ। ਉਹ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦੇ ਚੈੱਕ ਸੌਪਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਹਲਕੇ ਦੇ 10 ਪਿੰਡਾਂ ਵਿਚ ਜਾ ਕੇ ਉਨ੍ਹਾਂ ਨੂੰ 36.40 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ, ਜਿਨ੍ਹਾਂ ਵਿਚ ਪਿੰਡ ਬਗਵਾਈਂ ਨੂੰ 2 ਲੱਖ ਰੁਪਏ, ਪਨਾਮ ਨੂੰ 6 ਲੱਖ ਰੁਪਏ, ਨੰਗਲਾਂ ਨੂੰ 8 ਲੱਖ 40 ਹਜ਼ਾਰ, ਚੱਕ ਫੁੱਲੂ ਨੂੰ 2 ਲੱਖ ਰੁਪਏ, ਕੁੱਕੜ ਮਜਾਰਾ ਨੂੰ 2 ਲੱਖ 50 ਹਜ਼ਾਰ ਰੁਪਏ, ਚੱਕ ਹਾਜੀਪੁਰ ਨੂੰ 2 ਲੱਖ ਰੁਪਏ, ਸ਼ਾਹਪੁਰ ਨੂੰ 2 ਲੱਖ ਰੁਪਏ, ਚੱਕ ਰੌਤਾਂ ਨੂੰ 2 ਲੱਖ 50 ਹਜ਼ਾਰ ਰੁਪਏ, ਪਿੰਡ ਮਹਿਤਾਬਪੁਰ ਨੂੰ 4 ਲੱਖ ਰੁਪਏ ਅਤੇ ਪਿੰਡ ਕੁੱਲੇਵਾਲ ਨੂੰ 5 ਲੱਖ ਰੁਪਏ ਦੇ ਚੈੱਕ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰੇਕ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿਹੜੇ ਲੋਕ ਪਿਛਲੀਆਂ ਸਰਕਾਰਾਂ ਦੇ ਸਮੇਂ ਅੰਦਰ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹੇ ਹਨ, ਉਨ੍ਹਾਂ ਦੀ ਹਰੇਕ ਲੋੜ ਨੂੰ ਯੋਜਨਾਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਸਪੀਕਰ ਨੇ ਸਬੰਧਤ ਪਿੰਡਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਨੂੰ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ ਇਸ ਮੌਕੇ ਬੀ.ਡੀ.ਪੀ.ਓ ਮਨਜਿੰਦਰ ਕੌਰ, ਓ.ਐਸ.ਡੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।