-ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 121 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ

ਬੇਟੀ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਬ੍ਰਮ ਸ਼ੰਕਰ ਜਿੰਪਾ
ਪਿੰਡ ਸ਼ੇਰਗੜ੍ਹ 'ਚ ਨਵ-ਜੰਮੀ ਬੱਚੀ ਦੇ ਘਰ ਜਾ ਕੇ ਲਗਾਈ ਉਸ ਦੇ ਨਾਮ ਦੀ ਨੇਮ ਪਲੇਟ


ਹੁਸ਼ਿਆਰਪੁਰ, 27 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਅੱਜ ਪਿੰਡ ਸ਼ੇਰਗੜ੍ਹ 'ਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 21 ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ। ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰਗੜ੍ਹ 'ਚ ਪਹੁੰਚ ਕੇ ਨਵਜੰਮੀ ਬੱਚੀ ਪ੍ਰੀਤਿਕਾ ਰਾਣੀ ਦੇ ਨਾਮ ਦੀ ਨੇਮ ਪਲੇਟ ਉਸ ਦੇ ਘਰ ਜਾ ਕੇ ਲਗਾਈ। ਇਸ ਉਪਰੰਤ ਉਨ੍ਹਾਂ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਾਲ ਲੱਗਦੇ ਸਟੇਡੀਅਮ ਵਿਚ ਪਹੁੰਚ ਕੇ ਨਵਜੰਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ 'ਧੀਆਂ ਦੀ ਲੋਹੜੀ' ਨੂੰ ਮਨਾਇਆ।
ਕੈਬਨਿਟ ਮੰਤਰੀ ਨੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਇਸ ਸ਼ੁਭ ਮੌਕੇ ਅਸੀਂ ਇਨ੍ਹਾਂ ਨਵਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਬੇਟੀਆਂ ਦੇ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ, ਇਸ ਲਈ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਤਿਆਗ ਕੇ ਬੇਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਟੇ ਅਤੇ ਬੇਟੀਆਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ ਕਿਉਂਕਿ ਬੇਟੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਬੇਟੀਆਂ ਸਮਾਜ ਦੇ ਹਰ ਖੇਤਰ ਦੀ ਪ੍ਰਤੀਨਿਧਤਾ ਕਰਕੇ ਤਰੱਕੀ ਵੀ ਕਰ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਹਿਲਾ ਸਸ਼ਕਤੀਕਰਨ ਤਾਂ ਹੀ ਸੰਭਵ ਹੋ ਸਕਦਾ ਹੈ, ਜਦ ਬੇਟੀਆਂ ਪੜ੍ਹਾਈ ਕਰਕੇ ਆਪਣਾ ਵਿਕਾਸ ਕਰਨ ਅਤੇ ਆਰਥਿਕ ਤੌਰ 'ਤੇ ਸੁਤੰਤਰ ਹੋ ਕੇ ਸਮਾਜ ਵਿਚ ਸਿਰ ਉਠਾ ਕੇ ਜਿਊਣ। ਉਨ੍ਹਾਂ ਸਮਾਰੋਹ ਵਿਚ ਮੌਜੂਦ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਟੀਚੇ ਨਿਰਧਾਰਤ ਕਰਕੇ ਪੜ੍ਹਾਈ ਕਰਨ ਅਤੇ ਆਪਣਾ ਕੈਰੀਅਰ ਚੁਣਨ। ਇਸ ਦੌਰਾਨ ਉਨ੍ਹਾਂ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਸਮਾਜ ਵਿਚ ਜਾਗਰੂਕਤਾ ਆਉਂਦੀ ਹੈ ਅਤੇ ਪ੍ਰਸ਼ਾਸਨ ਨੂੰ ਸਮੇਂ-ਸਮੇਂ ਸਿਰ ਇਸ ਤਰ੍ਹਾਂ ਦੇ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ   ਲੋਹੜੀ ਬਾਲ ਕੇ ਸਮਾਰੋਹ ਦੀ ਸ਼ੁਰੂਆਤ ਵੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਡਾ. ਰਿਤੂ ਕੁਮਰਾ ਵੱਲੋਂ ਔਰਤਾਂ ਨੂੰ ਸਮਰਪਿਤ ਲਿਖੀ ਕਿਤਾਬ 'ਵਿੰਗਜ਼ ਟੂ ਫਲਾਈ' ਦਾ ਵੀ ਲੋਕ ਅਰਪਣ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਬੇਟੀਆਂ ਤਾਂ ਹੀ ਸਮਾਜ ਵਿਚ ਆਪਣਾ ਨਾਮ ਰੌਸ਼ਨ ਕਰ ਸਕਦੀਆਂ ਹਨ, ਜਦ ਉਨ੍ਹਾਂ ਨੂੰ ਪਰਿਵਾਰ ਤੋਂ ਸਹਿਯੋਗ ਮਿਲੇ, ਇਸ ਲਈ ਉਨ੍ਹਾਂ ਬੇਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਖਾਸ ਕਰਕੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੇਟੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਸਹੀ ਦਿਸ਼ਾ ਵਿਚ ਅੱਗੇ ਵੱਧਣ ਦੀ ਪ੍ਰੇਰਣਾ ਦੇਣ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿਚ ਬੇਟੀਆਂ ਆਪਣੀ ਕਾਰਜ ਕੁਸ਼ਲਤਾ ਦਾ ਲੋਹਾ ਮਨਵਾ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕਿੱਟ, ਨਾਟਕ ਵੀ ਪੇਸ਼ ਕੀਤੇ ਅਤੇ ਅੰਤ ਵਿਚ ਮੁੱਖ ਮਹਿਮਾਨ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੁਖਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਰਾਜਨ ਅਰੋੜਾ, ਸੀ.ਡੀ.ਪੀ.ਓ ੲਇਆ ਰਾਣੀ, ਸੀ.ਡੀ.ਪੀ.ਓ ਮੰਜੂ ਬਾਲਾ, ਕ੍ਰਿਸ਼ਨ ਗੋਪਾਲ ਸ਼ਰਮਾ, ਰਵਿੰਦਰ ਸ਼ਰਮਾ, ਸਰਪੰਚ ਗੁਰਮੀਤ ਕੌਰ, ਸੁਦੇਸ਼, ਕਸ਼ਮੀਰ ਸਿੰਘ, ਪਵਨ ਕੁਮਾਰ, ਸੰਦੀਪ ਚੇਚੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।