ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ: ਡਿਪਟੀ ਕਮਿਸ਼ਨਰ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 25 ਜਨਵਰੀ -   75ਵਾਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਮਾਣਯੋਗ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇੱਕ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ, ਸਕੂਲੀ ਬੱਚਿਆਂ ਵੱਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਦੇਸ਼ ਦਾ ਨਾਮ ਰੋਸ਼ਨ ਕਰਨ ਵਾਲਿਆਂ, ਖੇਡਾਂ ਵਿੱਚ ਮਲਾਂ ਮਾਰਨ ਵਾਲਿਆਂ ਅਤੇ ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।