ਪਟਿਆਲਾ, 25 ਜਨਵਰੀ:ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਔਰਤਾਂ, ਜਿਹੜੀਆਂ ਕਿ ਸਿਲਾਈ ਜਾਣਦੀਆਂ ਹਨ, ਉਹ ਇਨ੍ਹਾਂ ਮਸ਼ੀਨਾਂ ਨਾਲ ਆਪਣਾ ਸਿਲਾਈ ਦਾ ਕੰਮ ਚਲਾ ਸਕਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਹਾਇਤਾ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ ਪਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਦੀ ਮਦਦ ਲਈ ਹਰ ਵੇਲੇ ਤਤਪਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਲਈ ਇੱਕ ਪਹਿਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋੜਵੰਦ ਮਹਿਲਾਵਾਂ ਵਰਦੀਆਂ ਬਣਾ ਕੇ ਆਪਣੀ ਉਪਜੀਵਕਾ ਕਮਾਉਣ ਲਈ ਇਸ ਪ੍ਰਾਜੈਕਟ ਨਾਲ ਜੁੜ ਸਕਦੀਆਂ ਹਨ। ਉਨ੍ਹਾਂ ਨੇ ਸਮੂਹ ਮਹਿਲਾਵਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਮਹਿਲਾਵਾਂ ਦੇ ਕੰਮ ਆਉਣਗੀਆਂ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।