-ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਰਧਾਂਜ਼ਲੀ ਕੀਤੀ ਭੇਟ

ਹੁਸ਼ਿਆਰਪੁਰ, 30 ਜਨਵਰੀ : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ 'ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ ਪੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਨੂੰ ਫੁੱਲ ਭੇਟ ਕੀਤੇ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਉਪਰੰਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵਲੋਂ ਦਰਸਾਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰਸਤੇ 'ਤੇ ਚੱਲਦੇ ਹੋਏ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਅਹਿਮ ਯੋਗਦਾਨ ਦੇਣ ਦੇ ਨਾਲ-ਨਾਲ ਅਹਿੰਸਾ ਅਤੇ ਸਤਿਆਗ੍ਰਹਿ ਦੇ ਮਾਰਗ 'ਤੇ ਚੱਲਦੇ ਹੋਏ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਹੋਰ ਮਹਾਨ ਦੇਸ਼ ਭਗਤਾਂ, ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੁਆਰਾ ਦਿੱਤੇ ਗਏ ਬਲੀਦਾਨਾਂ ਕਰਕੇ ਹੀ ਅਸੀਂ ਅੱਜ ਸਾਰੇ ਆਜ਼ਾਦੀ ਦਾ ਸੁੱਖ ਮਾਣ ਰਹੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖਸੀਅਤਾਂ ਦੁਆਰਾ ਸੰਜੋਏ ਗਏ ਸਪਨਿਆਂ ਦੀ ਪੂਰਤੀ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।