ਕੈਬਨਿਟ ਮੰਤਰੀ ਨੇ ਜ਼ਿਲ੍ਹੇ 'ਚ ਨਿਯੁਕਤ ਹੋਏ 19 ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਹੁਸ਼ਿਆਰਪੁਰ, 7 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ
ਨੂੰ ਬਿਹਤਰੀਨ ਸਿਹਤ
ਸੇਵਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ
ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਬਿਹਤਰੀਨ
ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ
ਜ਼ਿਲ੍ਹੇ ਵਿਚ ਨਵੇਂ ਨਿਯੁਕਤ ਕੀਤੇ ਗਏ 19 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ
ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ
ਸਰਜਨ ਬਲਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਐਸ.ਐਮ.ਓ ਸਿਵਲ ਹਸਪਤਾਲ
ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ
ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ
ਹੈ, ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ
ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਉਚ ਦਰਜੇ
ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਇਸ ਦਿਸ਼ਾ ਵਿਚ ਸਿਹਤ ਵਿਭਾਗ ਬਹੁਤ ਹੀ
ਸ਼ਿਦੱਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਕਾਇਆਕਲਪ ਪ੍ਰੋਗਰਾਮ ਵਿਚ
ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਪੂਰੇ ਸੂਬੇ ਵਿਚੋਂ ਦੂਜੇ ਸਥਾਨ 'ਤੇ ਰਿਹਾ। ਉਨ੍ਹਾਂ
ਨਵ-ਨਿਯੁਕਤ ਡਾਕਟਰਾਂ ਨੂੰ ਪੂਰੀ ਸੇਵਾ ਭਾਵਨਾ ਨਾਲ ਮਰੀਜ਼ਾਂ ਦੀ ਸੇਵਾ ਕਰਨ ਲਈ ਪ੍ਰੇਰਿਤ
ਕੀਤਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ ਹਾਊਸ ਸਰਜਨਾਂ ਵਿਚੋਂ 8 ਸਿਵਲ
ਹਸਪਤਾਲ ਹੁਸ਼ਿਆਰਪੁਰ, 6 ਸਿਵਲ ਹਸਪਤਾਲ ਦਸੂਹਾ, 4 ਸਿਵਲ ਹਸਪਤਾਲ ਮੁਕੇਰੀਆਂ ਅਤੇ ਇਕ ਸਿਵਲ
ਹਸਪਤਾਲ ਗੜ੍ਹਸ਼ੰਕਰ ਵਿਚ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ
ਸੇਵਾਵਾਂ ਨੂੰ ਬਿਹਤਰ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ.
ਬਲਬੀਰ ਸਿੰਘ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ
ਰਹੇ ਹਨ ਅਤੇ ਲੋਕਾਂ ਨੂੰ ਉਤਮ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ
ਜ਼ਿਲ੍ਹੇ ਵਿਚ ਡਾਕਟਰਾਂ ਦੀ ਕਾਫ਼ੀ ਕਮੀ ਸੀ ਅਤੇ ਇਨ੍ਹਾਂ ਐਮ.ਬੀ.ਬੀ.ਐਸ ਹਾਊਸ ਸਰਜਨਾਂ ਦੀ
ਨਿਯੁਕਤੀ ਨਾਲ ਆਮ ਜਨਤਾ ਨੂੰ ਬਹੁਤ ਲਾਭ ਮਿਲੇਗਾ।