ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ
ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ- ਬ੍ਰਮ ਸ਼ੰਕਰ ਜਿੰਪਾ
ਨਵਾਂਸ਼ਹਿਰ, 15 ਜਨਵਰੀ :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ
ਤਹਿਸੀਲ ਦਫ਼ਤਰ ਬਲਾਚੌਰ ਵਿਖੇ
ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਪੰਜਾਬ ਦੇ ਮਾਲ ਮੰਤਰੀ ਬ੍ਰਮ
ਸ਼ੰਕਰ ਜਿੰਪਾ ਵੱਲੋਂ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ 'ਤੇ ਉਨ੍ਹਾਂ ਨੇ ਕੈਂਪ ਵਿੱਚ
ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇੰਤਕਾਲ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ
ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ
ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ
ਕਰਨਾ ਪਵੇ। ਇਸ ਮੌਕੇ 'ਤੇ ਵਿਧਾਇਕ ਸੰਤੋਸ਼ ਕਟਾਰੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ
ਸਿੰਘ ਜਲਾਲਪੁਰ ਅਤੇ ਤਹਿਸੀਲਦਾਰ ਬਲਾਚੌਰ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ। ਲੰਬਿਤ ਪਏ ਇੰਤਕਾਲ
ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ
ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ
ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਪਾਰਦਰਸ਼ੀ, ਖੱਜਲ-ਖ਼ੁਆਰੀ ਰਹਿਤ ਅਤੇ
ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਬਣਾਉਣ ਲਈ ਸਰਕਾਰ ਨੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ।
ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ 'ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ
ਆਉਂਦੀ ਹੈ ਤਾਂ ਇਸ ਸਬੰਧੀ ਹੈਲਪ ਲਾਈਨ ਨੰਬਰ 8184900002 ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ
ਜਾ ਸਕਦੀ ਹੈ ।ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ 'ਤੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ
ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43
ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ
ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ
ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ
ਪਵੇ।