ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ
ਅੰਮ੍ਰਿਤਸਰ, 10 : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ। ਇੰਨਾ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕੇ ਦੇ ਏ.ਆਰ.ਓਜ਼, ਪਟਵਾਰੀ/ਬੀ.ਐਲ.ਓਜ਼ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਤਾਂ ਜੋ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਹਰੇਕ ਹਲਕੇ ਦੇ ਬੀ.ਐਲ.ਓਜ਼/ਪਟਵਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਰ ਬਣਾਉਣ ਲਈ ਟੀਚੇ ਦੇ ਦਿੱਤੇ ਗਏ ਹਨ। ਉਨਾਂ ਕਿਹਾ ਕਿ ਜਿਨ੍ਹਾ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਗਤੀ ਘੱਟ ਹੋਵੇਗੀ ਉਨਾਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਵੀ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਹਲਕਿਆਂ ਵਿੱਚ ਲਗਾਏ ਗਏ ਕੈਂਪਾਂ ਦੀ ਜਾਣਕਾਰੀ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗਾਂ ਵੀ ਕੀਤੀਆਂ ਅਤੇ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਉਨਾਂ ਸਮੂਹ ਏ.ਆਰ.ਓਜ਼ ਨੂੰ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਅਤੇ ਇਸ ਲਈ ਹਰੇਕ ਘਰ ਤੱਕ ਪਹੁੰਚ ਕਰੋ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਿੱਖ ਅਬਾਦੀ ਵੱਡੀ ਗਿਣਤੀ ਵਿਚ ਹੈ, ਇਸ ਲਈ ਵੱਧ ਤੋਂ ਵੱਧ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਬੀ ਐਲ ਓ ਨੂੰ ਦੇਵੇ।