-ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ


ਹੁਸ਼ਿਆਰਪੁਰ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਲਾਈਨ ਗਰਾਊਂਡ ਵਿਚ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡਜ਼, ਬੁਆਏ ਸਕਾਊਟਸ ਅਤੇ ਪੁਲਿਸ ਬੈਂਡ ਵਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਅੱਜ ਦੀ ਇਸ ਫੁੱਲ ਡਰੈਸ ਰਿਹਰਸਲ ਵਿਚ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰ 'ਤੇ ਜਨਰਲ ਸਲੂਟ ਲੈਣ ਲਈ ਪਹੁੰਚੇ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਵਸ 'ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਕਾਸ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ-ਸਾਈਕਲ, ਵੀਲ੍ਹ ਚੇਅਰਜ਼ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਗਣਤੰਤਰ ਦਿਵਸ 'ਤੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਜਗ੍ਹਾ 'ਤੇ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਅਸਥਾਈ ਪਖਾਨੇ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦੇ ਪ੍ਰਬੰਧ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਪ੍ਰਭਾਵਾਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ. (ਹੈੱਡਕੁਆਟਰ) ਮਨਜੀਤ ਕੌਰ, ਡੀ. ਐਸ. ਪੀ ਪਲਵਿੰਦਰ ਸਿੰਘ ਤੇ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਕੱਤਰ ਆਰ. ਟੀ. ਏ ਆਰ. ਐਸ ਗਿੱਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।