'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ

-ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਪਟਿਆਲਾ, 21 ਜਨਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਸ਼ਹਿਰੀ ਖੇਤਰ ਤੋਂ ਚੌਥੀ ਬੱਸ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ।  
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਲਈ ਸ਼ਹਿਰ ਵਾਸੀ ਇਸ ਸਕੀਮ ਦਾ ਜਰੂਰ ਲਾਭ ਲੈਣ।
ਇਸ ਮੌਕੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।