ਐਨ.ਡੀ.ਪੀ.ਐਸ. ਐਕਟ ਤਹਿਤ ਫੜੇ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾਉਣ ਲਈ ਨਿਵੇਕਲੀ ਪਹਿਲਕਦਮੀ, ਸਾਕੇਤ ਨਸ਼ਾ ਮੁਕਤੀ ਹਸਪਤਾਲ 'ਚ ਦਾਖਲ ਕਰਵਾਏ

-ਨਸ਼ਿਆਂ ਵਿਰੁੱਧ ਕਾਰਵਾਈ ਲਈ ਪਟਿਆਲਾ ਪੁਲਿਸ ਮੋਹਰੀ,
ਪਟਿਆਲਾ, 8 ਜਨਵਰੀ:ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ
ਵੱਲੋਂ ਪੁਲਿਸ ਨਾਲ ਮਿਲਕੇ ਸਾਂਝਾ ਹੰਭਲਾ ਮਾਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ
ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕੇਨਿਜ਼ਮ ਤਹਿਤ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ
ਵਿਉਂਤਬੰਦੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ੇ ਦੇ ਆਦੀਆਂ ਨੂੰ ਲੱਗੀ
ਨਸ਼ੇ ਦੀ ਲਤ ਛੁਡਵਾਉਣ ਲਈ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਸਰਕਾਰੀ
ਰਾਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ
ਦੱਸਿਆ ਕਿ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਡੇਢ ਦਰਜਨ ਦੇ ਕਰੀਬ
ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਿਵੇਕਲੀ ਪਹਿਲਕਦਮੀ ਤਹਿਤ ਅਦਾਲਤ ਦੇ ਹੁਕਮਾਂ 'ਤੇ
ਸਾਕੇਤ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈ ਠੀਕ ਵੀ ਹੋ ਚੁੱਕੇ ਹਨ।
ਪਟਿਆਲਾ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਨਸ਼ੇ ਦੇ ਤਸਕਰਾਂ
ਵਿਰੁੱਧ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਪੁਲਿਸ
ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ 1 ਜਨਵਰੀ 2023
ਤੋਂ 31 ਦਸੰਬਰ 2023 ਤੱਕ 652 ਮਾਮਲੇ ਦਰਜ ਕਰਕੇ ਤੇ 784 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ
ਰਾਜ ਵਿੱਚੋਂ ਦੂਜੇ ਸਥਾਨ 'ਤੇ ਰਹੀ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਨਸ਼ਿਆਂ ਦੇ
ਕਾਲੇ ਧੰਦੇ 'ਚ ਲੱਗੇ ਲੋਕਾਂ ਦੇ ਪੁਨਰਵਸੇਬਾ ਦੀ ਤਜਵੀਜ਼ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ
'ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ
ਜਾਵੇਗੀ।
ਉਨ੍ਹਾਂ ਨੇ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡ ਮੁਰਾਦਪੁਰ ਤੇ ਸ਼ੇਰਮਾਜਰਾ ਵਿਖੇ ਲੋਕਾਂ
ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰ ਵਿਕਾਸ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ,
ਪੰਜਾਬ ਹੁਨਰ ਵਿਕਾਸ ਮਿਸ਼ਨ ਤੇ ਸਾਕੇਤ ਹਸਪਤਾਲ ਦੇ ਸਾਂਝੇ ਯਤਨਾਂ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ
ਹੋਰ ਤੇਜ ਕਰਨ 'ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ
ਜ਼ਿਲ੍ਹੇ ਵਿੱਚ ਖੇਡਾਂ ਤੇ ਖੇਡ ਮੈਦਾਨਾਂ ਵੱਲ ਹੋਰ ਧਿਆਨ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ
ਹੋਰ ਵਾਧੂ ਗਤੀਵਿੱਧੀਆਂ ਨਾਲ ਵੀ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ
ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਤਾ ਪ੍ਰੋਗਰਾਮ ਕੀਤੇ ਜਾਣਗੇ ਤੇ ਨਾਲ ਹੀ ਇਸ ਮੁਹਿੰਮ
ਨੂੰ ਸਕੂਲ ਪੱਧਰ 'ਤੇ ਵੀ ਲਿਜਾਇਆ ਜਾਵੇਗਾ।
ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ
ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ
ਹੈਲਪਲਾਈਨ 0175-2213385' ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ
ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਮੀਟਿੰਗ 'ਚ ਐਸ.ਡੀ.ਐਮਜ਼ ਡਾ. ਇਸਮਤ ਵਿਜੇ
ਸਿੰਘ, ਕਿਰਪਾਲਵੀਰ ਸਿੰਘ, ਚਰਨਜੀਤ ਸਿੰਘ, ਤਰਸੇਮ ਚੰਦ, ਨਵਦੀਪ ਕੁਮਾਰ ਤੇ ਜਸਲੀਨ ਕੌਰ,
ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ, ਸਿਵਲ ਸਰਜਨ ਡਾ.
ਰਾਮਿੰਦਰ ਕੌਰ, ਏਈਟੀਸੀ ਰਾਜੇਸ਼ ਏਅਰੀ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਡੀ.ਡੀ.ਪੀ.ਓ
ਅਮਨਦੀਪ ਕੌਰ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।