ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਨੂੰ ਦੇਣਾ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ -ਰਾਜਪਾਲ

ਮਹਿਲਾਵਾਂ ਦੇ ਸਮਾਜ ਵਿੱਚ ਅੱਗੇ ਵੱਧਣ ਨਾਲ ਹੀ ਬਣੇਗਾ ਭਾਰਤ ਵਿਸ਼ਵ ਗੁਰੂ  - ਰਾਜਪਾਲ
ਵਿਕਸਿਤ ਭਾਰਤ ਸੰਕਲਪ ਯਾਤਰਾ ਸੰਬੰਧੀ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਭਰਥਲਾ ਵਿਖੇ ਹੋਇਆ ਸਮਾਗਮ

 ਸ਼ਹੀਦ ਭਗਤ ਸਿੰਘ ਨਗਰ (ਭਰਥਲਾ,ਬਲਾਚੌਰ), 12 ਜਨਵਰੀ : ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਭਰਥਲਾ  ਪਹੁੰਚੀ 'ਵਿਕਸਿਤ ਭਾਰਤ ਸੰਕਲਪ ਯਾਤਰਾ' ਵਿਚ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਵਿਕਸਿਤ ਭਾਰਤ ਦਾ ਸੰਕਲਪ ਵੀ ਲਿਆ ਗਿਆ।  ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹੁਣ ਇਹ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸਮਾਜ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰੀਏ।  ਇਸੇ ਮੰਤਵ ਦੀ ਪ੍ਰਾਪਤੀ ਲਈ ਵਿਕਸਤ ਭਾਰਤ ਸੰਕਲਪ ਯਾਤਰਾ ਵੱਖ ਵੱਖ ਥਾਵਾਂ 'ਤੇ ਪਹੁੰਚ ਰਹੀ ਹੈ ਅਤੇ ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਹਰ ਲੋੜਵੰਦ ਤੱਕ ਪਹੁਚਾਉਣ ਸਾਡਾ ਮੁੱਖ ਮਕਸਦ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਨਸ਼ੇ ਤੋਂ ਬਚਾਇਆ ਜਾਵੇ ਅਤੇ ਇਸ ਬਾਰੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਪਵੇਗਾ।
         ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ.ਅਖਿਲ ਚੌਧਰੀ  ਸਮੇਤ  ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਰਕਾਰ ਦੀਆਂ ਯੋਜਨਾਵਾਂ ਸੰਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ।
         ਇਸ ਦੌਰਾਨ ਮਾਣਯੋਗ ਰਾਜਪਾਲ ਦੀ ਮੌਜੂਦਗੀ ਵਿੱਚ ਵਿਕਸਤ ਭਾਰਤ ਲਈ ਸੰਕਲਪ ਲਿਆ ਗਿਆ ਅਤੇ ਮੇਰੀ ਕਹਾਣੀ ਮੇਰੀ ਜ਼ੁਬਾਨੀ ਤਹਿਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਵਿਚਾਰ ਵੀ ਸੁਣੇ । ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
ਵਿਕਸਿਤ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਇਸ ਤਹਿਤ ਖ਼ਾਸ ਤੌਰ 'ਤੇ ਡਿਜ਼ਾਈਨ ਕੀਤੀਆਂ ਗਈਆਂ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਯਾਤਰਾ ਦੌਰਾਨ ਖ਼ਾਸ ਕਰ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਸੁਰੱਖਿਆ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਡਰੋਨ ਰਾਹੀਂ ਖੇਤਾਂ ਵਿੱਚ ਸਪਰੇਅ ਆਦਿ ਸਮੇਤ ਹੋਰ ਬਹੁਤ ਸਾਰੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।