ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ
ਅੰਮ੍ਰਿਤਸਰ, 24 ਜਨਵਰੀ - 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀ ਥੋਰੀ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਖੁਸ਼ਬੀਰ ਕੌਰ ਚਾਹਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਮੰਤਰੀ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ.-1 ਸ: ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ-2 ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ ਅਤੇ ਸ੍ਰੀ ਸੁਸ਼ੀਲ ਕੁਮਾਰ ਤੁੱਲੀ, ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪਲਵ ਸ੍ਰੇਸ਼ਟ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ: ਅਸੀਸਇੰਦਰ ਸਿੰਘ, ਡੀ.ਪੀ.ਆਰ.ਓ. ਸ੍ਰੀ ਸ਼ੇਰਜੰਗ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।