ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ
ਨਵਾਂਸ਼ਹਿਰ, 18 ਜਨਵਰੀ - ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ. ਨਵਾਂਸ਼ਹਿਰ, ਡਾ. ਗੁਰਲੀਨ ਕੌਰ ਸਹਾਇਕ ਕਮਿਸ਼ਨਰ ਜਨਰਲ, ਸੰਜਨਾ ਸਕਸੈਨਾ ਗੂਡ ਗਵਰਨਸ ਫੈਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਲਗਾਈ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ ਵੱਲੋਂ ਸ਼ਾਨਦਾਰ ਮਾਰਚ ਪਾਸਟ, ਸਕੂਲੀ ਬੱਚਿਆਂ ਵੱਲੋਂ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪੰਜਾਬ ਦੇ ਵਿਕਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਵੱਖ-ਵੱਖ ਵਿਭਾਗ ਵੱਲੋਂ ਝਾਂਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਗਮ ਲਈ ਆਈ ਟੀ ਆਈ ਗਰਾਉਂਡ ਵਿਖੇ ਰਿਹਰਸਲਾਂ 22 ਅਤੇ 23 ਜਨਵਰੀ ਨੂੰ ਹੋਣਗੀਆਂ। ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਇਸ ਦੀਆਂ ਰਿਹਰਸਲਾਂ ਵਿੱਚ ਭਾਗ ਲੈਣ ਬੱਚਿਆਂ ਲਈ ਰਿਫਰੈਸਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਤ ਵਿਭਾਗਾਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਚੌਂਕਾਂ, ਸ਼ਹਿਰ 'ਚ ਲੱਗੇ ਕੌਮੀ ਸਖ਼ਸੀਅਤਾਂ ਦੇ ਬੁੱਤਾਂ ਨੂੰ ਸਜਾਉਣ ਲਈ ਵੀ ਡਿਊਟੀਆਂ ਲਾਈਆਂ ਗਈਆਂ ਹਨ।ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਣਤੰਤਰ ਦਿਵਸ ਮੌਕੇ ਆਉਣ ਵਾਲੇ ਸਮੂਹ ਲੋਕਾਂ, ਅਹਿਮ ਸਖਸ਼ੀਅਤਾਂ ਨੂੰ ਹਰਬਲ ਅਤੇ ਫਲਦਾਰ ਪੌਦੇ ਵੰਡਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਦੇਸ਼ ਦਾ ਨਾਮ ਰੋਸ਼ਨ ਕਰਨ ਵਾਲਿਆਂ, ਖੇਡਾਂ ਵਿੱਚ ਮਲਾਂ ਮਾਰਨ ਵਾਲਿਆਂ ਅਤੇ ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਆਈ ਟੀ ਆਈ ਸਟੇਡੀਅਮ ਵਿਖੇ ਸਮਾਗਮ ਵਾਲੀ ਥਾਂ ਤੇ ਬੈਠਣ ਦੇ ਪ੍ਰਬੰਧ, ਸ਼ਾਮਿਆਨਾ, ਪੀਣ ਵਾਲੇ ਪਾਣੀ ਤੇ ਆਰਜ਼ੀ ਪਖਾਨਿਆਂ ਦੇ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਖਟਕੜ ਕਲਾਂ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਅਹਿਮ ਸਖ਼ਸੀਅਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਆਖਿਆ ਗਿਆ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਬੰਗਾ ਤੇ ਬਲਾਚੌਰ ਵਿਖੇ ਵੀ ਸਮਾਗਮ ਕੀਤੇ ਜਾਣਗੇ।