ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਹਦਾਇਤਾਂ ਦੀ ਪਾਲਣਾ ਲਾਜ਼ਮੀ

ਪਟਿਆਲਾ, 21 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਪਹਿਲਾਂ ਤੋਂ ਹੀ ਜਾਰੀ ਹਨ। ਸਮੂਹ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੀ ਚੈਕਿੰਗ ਕਰਕੇ ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖਣ ਸਬੰਧੀ ਰਿਪੋਰਟ ਭੇਜਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਨੂੰ ਪ੍ਰਫੂਲਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਯਤਨ ਨੂੰ ਸਫ਼ਲ ਬਣਾਉਣ ਲਈ ਸਮੂਹ ਪੰਜਾਬ ਵਾਸੀ ਇਸ ਵਿਚ ਸਹਿਯੋਗ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਇਸ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਲਾਜ਼ਮੀ ਹੈ।