-ਕੈਂਪਾਂ ’ਚ ਮਿਲ ਰਹੀਆਂ ਸੇਵਾਵਾਂ ਤੋਂ ਲੋਕ ਉਤਸ਼ਾਹਿਤ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 8, 9, 10, ਮੁਹੱਲਾ ਰਾਮਗੜ੍ਹ ਚੌਹਾਲ ਅਤੇ ਨਿਊ ਕਲੋਨੀ ਚੌਹਾਲ 'ਚ ਲਿਆ ਕੈਂਪਾਂ ਦਾ ਜਾਇਜ਼ਾ

ਹੁਸ਼ਿਆਰਪੁਰ, 13 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਮਿਲਣੀਆਂ ਸ਼ੁਰੂ ਹੋ ਗਈਆਂ ਹਨ। 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਅੱਜ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਚ ਵਾਰਡ ਨੰਬਰ 8, 9, 10, ਮੁਹੱਲਾ ਰਾਮਗੜ੍ਹ ਚੌਹਾਲ ਅਤੇ ਨਿਊ ਕਲੋਨੀ ਚੌਹਾਲ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ.ਪੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕੈਂਪਾਂ ਦਾ ਦੌਰਾ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦੇ ਕੰਮ ਤੁਰੰਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੋ ਨਾਗਰਿਕ ਕਿਸੇ ਮਜ਼ਬੂਰੀਵੱਸ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਦੂਰ-ਦੁਰਾਡੇ ਦਫ਼ਤਰਾਂ ਵਿਚ ਨਹੀਂ ਜਾ ਸਕਦੇ, ਉਨ੍ਹਾਂ ਦੇ ਕੋਲ ਆ ਕੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਜਿਥੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦੇ ਰਹੇ ਹਨ, ਉਥੇ ਉਨ੍ਹਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦਾ ਨਿਪਟਾਰਾ ਵੀ ਮੌਕੇ 'ਤੇ ਕੀਤੇ ਜਾ ਰਿਹਾ ਹੈ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਮੁਖੀ ਰਾਮ, ਸੰਦੀਪ ਚੇਚੀ, ਅਰਜੁਨ ਸ਼ਰਮਾ, ਵਰਿੰਦਰ ਵੈਦ, ਰਾਜਨ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।