ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਵਿੱਚ ਹੋਏ ਮਿਸਾਲੀ ਸੁਧਾਰ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਦੇ ਪੰਜ ਨਵੇਂ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਨਵਾਂਸ਼ਹਿਰ, 4 ਮਾਰਚ, 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕਾਂ ਦੇ 5 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। 
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਨਵੇਂ ਨਿਯੁਕਤ ਮੈਡੀਕਲ ਅਫਸਰਾਂ ਨੂੰ ਬਾਇਓਮੈਡੀਕਲ ਵੇਸਟ ਪ੍ਰਬੰਧਨ ਤੇ ਈ- ਸੁਸ਼ਰੁਤ ਆਮ ਆਦਮੀ ਕਲੀਨਿਕ ਐਪਲੀਕੇਸ਼ਨ ਵਿੱਚ ਆਨਲਾਈਨ ਕੰਮ ਕਰਨ ਦੀ ਟ੍ਰੇਨਿੰਗ ਵੀ ਦਿੱਤੀ ਗਈ। ਉਨ੍ਹਾਂ ਨੂੰ ਈ- ਸੁਸ਼ਰੁਤ ਆਮ ਆਦਮੀ ਕਲੀਨਿਕ ਐਪਲੀਕੇਸ਼ਨ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਕਰਨ, ਸੀ.ਆਰ. ਨੰਬਰ ਜਨਰੇਟ ਕਰਨ, ਮੈਡੀਕਲ ਅਫਸਰ ਦੁਆਰਾ ਦਵਾਈ ਲਿਖਣ ਤੋਂ ਲੈ ਕੇ ਮਰੀਜ਼ਾਂ ਨੂੰ ਫਾਰਮੇਸੀ ਅਫ਼ਸਰ ਦੁਆਰਾ ਦਵਾਈ ਜਾਰੀ ਕਰਨ ਅਤੇ ਸਟਾਕ ਵਿੱਚੋਂ ਦਵਾਈਆਂ ਕੱਢਣ ਦੇ ਕੰਮਕਾਜ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਨਵੇਂ ਮੈਡੀਕਲ ਅਧਿਕਾਰੀਆਂ ਨੂੰ ਓਪੀਡੀ ਦੇ ਨਿਰਧਾਰਿਤ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇ। ਇਸ ਲਈ ਫੀਲਡ ਸਟਾਫ ਏ ਐੱਨ ਐੱਮਜ ਅਤੇ ਆਸ਼ਾ ਵਰਕਰਾਂ ਦੀ ਮਦਦ ਲਈ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ 80 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਕਰਵਾਉਣ ਤੋਂ ਇਲਾਵਾ 37 ਤਰ੍ਹਾਂ ਦੇ ਲੈਬ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਖੇਤਰ ਵਿੱਚ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇੱਕ ਵੱਡਾ ਕਦਮ ਹੈ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਏ ਹਨ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸਰਬਰਿੰਦਰ ਸਿੰਘ ਸੇਠੀ, ਸੀਨੀਅਰ ਫਾਰਮੇਸੀ ਅਫ਼ਸਰ ਨਿਰਮਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਫਾਰਮੇਸੀ ਅਫ਼ਸਰ ਨੇਹਾ ਦੇਵੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।