ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ 'ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 28 ਮਾਰਚ:- ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈ ਜਾ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਹੋ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਦੌਰਾਨ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਲੈਫ. ਜਨ. ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਸਕੂਲ ਆਫ਼ ਐਮੀਨੈਂਸ ਬੰਗਾ, ਬਾਬਾ ਗੋਲਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬੰਗਾ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ, ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ ਅਤੇ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇੰਨ੍ਹਾਂ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ।