Fwd: 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਰਾਹੁਲ ਚਾਬਾ -ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

-21 ਜੂਨ ਨੂੰ ਪੁਲਿਸ ਲਾਈਨ ਗਰਾਊਂਡ 'ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਰਾਹੁਲ ਚਾਬਾ
-ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
-ਜ਼ਿਲ੍ਹਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ 'ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 13 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ 'ਯੋਗਾ ਫਾਰ ਸੈਲਫ ਐਂਡ ਸੁਸਾਇਟੀ' ਥੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ-ਕਮ-ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਲੋਅਰ/ਪਜ਼ਾਮਾ ਆਦਿ ਪਹਿਨ ਕੇ ਆਉਣ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ, ਸਾਊਂਡ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ।
  ਇਸ ਤੋਂ ਪਹਿਲਾਂ ਸਮੂਹ ਅਧਿਕਾਰੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਸਵਰਗੀ ਡਾ. ਨਰੇਸ਼ ਮਾਹੀ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਦੋ ਮਿੰਨ ਦਾ ਮੌਨ ਧਾਰਨ ਕੀਤਾ ਗਿਆ, ਜਿਹੜੇ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਇਸ ਮੌਕੇ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।