ਐਮ.ਪੀ ਔਜਲਾ ਨੂੰ ਮਿਲਣ ਪਹੁੰਚੇ ਕਿਸਾਨ, ਦਿੱਤਾ ਮੰਗ ਪੱਤਰ
ਕਾਂਗਰਸ ਦਿਲੋਂ ਕਿਸਾਨਾਂ ਨਾਲ ਖੜ੍ਹੀ ਹੈ- ਔਜਲਾ
ਅੰਮਿ੍ਤਸਰ. ਕਿਸਾਨਾਂ ਦੇ ਇੱਕ ਦਸਤੇ ਨੇ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਅਪੀਲ ਕੀਤੀ। ਗੁਰਜੀਤ ਸਿੰਘ ਔਜਲਾ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਮੰਗ ਪੱਤਰ ਸੋੰਪਿਆ। ਮੰਗ ਪੱਤਰ ਲੈਂਦਿਆਂ ਸੰਸਦ ਮੈਂਬਰ ਔਜਲਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪੂਰੀ ਤਨਦੇਹੀ ਨਾਲ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੀ ਰਹੇਗੀ।
ਬੁੱਧਵਾਰ ਸਵੇਰੇ ਐਮ.ਪੀ ਔਜਲਾ ਨੂੰ ਮਿਲਣ ਆਏ ਸਾਂਝੇ ਕਿਸਾਨ ਮੋਰਚੇ ਦੇ ਮੈਂਬਰਾਂ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਉਹ ਕਾੰਗਰੇਸ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੜ੍ਹਨ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਤੁਰੰਤ ਅਤੇ ਸਾਰਥਕ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਨ। ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਇਲਾਵਾ ਲਗਾਤਾਰ ਘਟ ਰਹੇ ਪਾਣੀ ਦੀ ਸਥਿਤੀ ਨੂੰ ਸੰਭਾਲਣ ਲਈ ਪ੍ਰਾਈਵੇਟ ਬਿੱਲ ਲਿਆਉਣ ਦੀ ਵੀ ਬੇਨਤੀ ਕੀਤੀ ਗਈ ਜਿਸ ਤਹਿਤ ਸਕੀਮਾਂ ਲਿਆਂਦੀਆਂ ਜਾਣ।
ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪੂਰੀ ਤਨਦੇਹੀ ਨਾਲ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਆਪਣੀਆਂ ਮੰਗਾਂ ਉਨ੍ਹਾਂ ਨੂੰ ਸੌਂਪੀਆਂ ਸਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਸਦ ਵਿੱਚ ਦਰਜ ਕਰਵਾਈਆਂ ਗਈਆਂ ਹਨ। ਇਹ ਮੰਗਾਂ ਸੰਸਦ ਦੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਵੀ ਦਰਜ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪਹਿਲਾਂ ਵੀ ਸੰਘਰਸ਼ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹੇਗੀ। ਉਹ ਕਿਸਾਨਾਂ ਦੀ ਪ੍ਰਾਈਵੇਟ ਬਿੱਲ ਦੀ ਮੰਗ ਨਾਲ ਵੀ ਸਹਿਮਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਸ ਲਗਨ ਨਾਲ ਉਹ ਪਿਛਲੇ ਸਮੇਂ ਦੌਰਾਨ ਕਿਸਾਨਾਂ ਦਾ ਸਮਰਥਨ ਕਰਦੇ ਰਹੇ ਹਨ, ਉਸੇ ਹੀ ਤਨਦੇਹੀ ਨਾਲ ਉਨ੍ਹਾਂ ਦਾ ਸਮਰਥਨ ਕਰਦੇ ਰਹਿਣਗੇ। ਇਸ ਮੌਕੇ ਸਾਬਕਾ ਸਰਪੰਚ ਸੁਖਰਾਜ ਸਿੰਘ ਰੰਘਾਵਾ ਆਦਿ ਹਾਜ਼ਰ ਸਨ।