-'ਖੇਡਾਂ ਵਤਨ ਪੰਜਾਬ ਦੀਆਂ-2024' ਦੀ ਮਸ਼ਾਲ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
-ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਮੇਅਰ ਸੁਰਿੰਦਰ ਕੁਮਾਰ ਸਮੇਤ ਅੰਤਰਰਾਸ਼ਟਰੀ ਖਿਡਾਰੀ ਮਸ਼ਾਲ ਮਾਰਚ 'ਚ ਹੋਏ ਸ਼ਾਮਿਲ
-ਕੈਬਨਿਟ ਮੰਤਰੀ ਜਿੰਪਾ ਤੇ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 24 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ-2024' ਸੀਜਨ-3 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਗਈ ਮਸ਼ਾਲ ਦਾ ਅੱਜ ਹੁਸ਼ਿਆਰਪੁਰ ਪਹੁੰਚਣ 'ਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਮੇਅਰ ਸੁਰਿੰਦਰ ਕੁਮਾਰ ਸਮੇਤ ਹੋਰ ਪਤਵੰਤਿਆਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਮਸ਼ਾਲ ਲਾਜਵੰਤੀ ਸਟੇਡੀਅਮ, ਰਾਮਗੜ੍ਹੀਆ ਚੌਕ, ਮਹਾਰਾਣਾ ਪ੍ਰਤਾਪ ਚੌਕ ਤੋਂ ਹੁੰਦੇ ਹੋਏ ਜਲੰਧਰ ਲਈ ਰਵਾਨਾ ਕਰ ਦਿੱਤੀ ਗਈ। ਇਸ ਮੌਕੇ ਪਦਮਸ਼੍ਰੀ ਪ੍ਰੇਮ ਨਾਥ ਡੋਗਰਾ, ਅਰਜੁਨ ਅਵਾਰਡੀ ਸਰੋਜ ਬਾਲਾ, ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਹਰਮਨਜੋਤ ਸਿੰਘ ਖਾਂਬੜਾ, ਏਸ਼ੀਅਨ ਮੈਡਲਿਸਟ ਪ੍ਰਦੀਪ ਡੋਗਰਾ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ।
ਇਸ ਦੌਰਾਨ ਮਸ਼ਾਲ ਮਾਰਚ ਵਿਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਲਾਜਵੰਤੀ ਸਟੇਡੀਅਮ ਵਿਚ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਤੀਜੀ ਵਾਰ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ਅਤੇ ਪੰਜਾਬ ਇਕ ਵਾਰ ਫਿਰ ਹੱਸਦਾ-ਵਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਵਿਚ ਇਕ ਵਾਰ ਫਿਰ ਖੇਡਾਂ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਬਹੁਤ ਕਾਬਲੀਅਤ ਰੱਖਦੇ ਹਨ ਬੱਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਜ਼ਰੂਰਤ ਸੀ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿਜੀ ਤੌਰ 'ਤੇ ਖੇਡਾਂ ਨੂੰ ਸੂਬੇ ਵਿਚ ਉਤਸ਼ਾਹਿਤ ਕਰ ਰਹੇ ਹਨ ਅਤੇ ਪੰਜਾਬ ਵਿਚ ਪਹਿਲੀ ਵਾਰ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8 ਤੋਂ 15 ਲੱਖ ਰੁਪਏ ਤੱਕ ਦਿੱਤੇ ਗਏ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦੇ ਨਾਲ-ਨਾਲ ਵਧੀਆ ਸਰਕਾਰੀ ਅਹੁਦਿਆਂ 'ਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਮਸ਼ਾਲ ਮਾਰਚ ਨੌਜਵਾਨਾਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਜੋੜਨ ਵਿਚ ਸਫ਼ਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿਚ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡਾਂ ਵਰਗਾ ਮਾਹੌਲ ਬਣਾਉਣ ਲਈ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਰੀਬ 1000 ਖੇਡ ਨਰਸਰੀਆਂ ਨੂੰ ਮਨਜ਼ੂਰੀ ਵੀ ਮਿਲ ਚੁੱਕੀ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਮਸ਼ਾਲ ਮਾਰਚ ਅੱਜ ਜਲੰਧਰ ਅਤੇ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, 25 ਅਗਸਤ ਨੂੰ ਰੂਪਨਗਰ, ਐਸ.ਏ.ਐਸ. ਨਗਰ, ਫਤਹਿਗੜ੍ਹ ਸਾਹਿਬ, 26 ਅਗਸਤ ਨੂੰ ਪਟਿਆਲਾ, ਮਾਲੇਰਕੋਟਲਾ, ਬਰਨਾਲਾ, 27 ਅਗਸਤ ਨੂੰ ਫ਼ਰੀਦਕੋਟ, ਫਾਜ਼ਿਲਕਾ, 28 ਅਗਸਤ ਨੂੰ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ 29 ਅਗਸਤ ਨੂੰ ਮਾਨਸਾ ਅਤੇ ਸੰਗਰੂਰ ਪਹੁੰਚੇਗਾ। 29 ਅਗਸਤ ਨੂੰ ਸੰਗਰੂਰ ਵਿਚ ਖੇਡਾਂ ਦੇ ਤੀਸਰੇ ਸੀਜ਼ਨ ਦਾ ਉਦਘਾਟਨ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 3 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੋਰਟਲ Eservices.punjab.gov.in ਸਥਾਪਿਤ ਕੀਤਾ ਗਿਆ ਹੈ, ਜਿਥੇ ਖਿਡਾਰੀ 28 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲਿਆਂ ਵਿਚ ਅੰਡਰ 14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60, 61-70 ਅਤੇ 70 ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਵਰਿੰਦਰ ਵੈਦ, ਅਮਰਜੀਤ ਸ਼ਰਮਾ, ਅਜੇ ਰਾਣਾ ਤੋਂ ਇਲਾਵਾ ਜ਼ਿਲ੍ਹੇ ਦੇ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਮੌਜੂਦ ਸਨ।
|
| |