Fwd: Hindi, Punjabi & Eng, ---ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਹੁਸ਼ਿਆਰਪੁਰ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ 'ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।