Fwd: -ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਖ਼ੁਦ ਮੈਦਾਨ ਵਿਚ ਨਿਤਰੇ ਡੀ.ਸੀ ਨਵਜੋਤ ਪਾਲ ਸਿੰਘ ਰੰਧਾਵਾ

ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਖ਼ੁਦ ਮੈਦਾਨ ਵਿਚ ਨਿਤਰੇ ਡੀ.ਸੀ ਨਵਜੋਤ ਪਾਲ ਸਿੰਘ ਰੰਧਾਵਾ
ਕਿਸਾਨਾਂ ਤੋਂ ਲਏ ਸੁਝਾਅ, ਲੋੜੀਂਦੀ ਮਾਤਰਾ ਵਿਚ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਦੁਹਰਾਈ ਵਚਨਬੱਧਤਾ
ਨਵਾਂਸ਼ਹਿਰ, 12 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ  ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਔੜ ਅਤੇ ਬੰਗਾ ਬਲਾਕਾਂ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖ਼ੁਦ ਜਾਗਰੂਕਤਾ ਮੁਹਿੰਮ ਦੀ ਵਾਗਡੋਰ ਸੰਭਾਲਦਿਆਂ ਵੱਖ-ਵੱਖ ਥਾਈਂ ਪੁਲਿਸ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਸਮੇਤ ਕਿਸਾਨਾਂ ਨਾਲ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਨ ਦੀ ਰਾਖੀ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਮਲਕਪੁਰ, ਸ਼ਮਸਪੁਰ, ਰਾਹੋਂ, ਕੰਗ, ਉੜਾਪੜ, ਗੜ੍ਹੀ ਅਜੀਤ ਸਿੰਘ, ਬਖਲੌਰ, ਗਡਾਣੀ, ਭੜੋਲੀ ਅਤੇ ਮੰਡਾਲੀ ਆਦਿ ਪਿੰਡਾਂ ਵਿਚ ਕੀਤੇ ਸਾਂਝੇ ਇਕੱਠਾਂ ਦੌਰਾਨ ਕਿਸਾਨਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਸਹਿਕਾਰੀ ਸਭਾਵਾਂ ਕੋਲ ਉਪਲਬੱਧ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਿਕ ਸਬਸਿਡੀ 'ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਨੇ ਕਿਸਾਨਾਂ ਤੋਂ ਸੁਝਾਅ ਵੀ ਲਏ ਅਤੇ ਸਮੇਂ-ਸਮੇਂ 'ਤੇ ਕਿਸਾਨਾਂ ਦੇ ਹਿੱਤਾਂ ਵਿਚ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ।
ਉਨ੍ਹਾਂ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਦੀਆਂ ਤਕਨੀਕਾਂ ਨੂੰ ਅਪਣਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਦੇ ਨਾਲ- ਨਾਲ ਚੌਗਿਰਦੇ ਦੀ ਸਾਂਭ-ਸੰਭਾਲ ਦੇ ਯਤਨਾਂ ਨੂੰ ਵੀ ਬੂਰ ਪੈ ਸਕੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਦਾ ਸੈਟੇਲਾਈਟ ਰਾਹੀਂ ਫੌਰਨ ਪਤਾ ਲੱਗ ਜਾਂਦਾ ਹੈ, ਇਸ ਲਈ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ।
ਐਸ. ਪੀ ਡਾ. ਮੁਕੇਸ਼ ਕੁਮਾਰ ਨੇ ਵੀ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਸਾੜਨ ਦੇ ਕਿਸੇ ਵੀ ਮਾਮਲੇ ਵਿਚ ਉਸ ਇਲਾਕੇ ਦੇ ਐਸ.ਐਚ.ਓ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।
ਇਸ ਦੌਰਾਨ ਕਈ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਵਰ੍ਹਿਆਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ 'ਤੇ ਧਰਤੀ ਵਿਚ ਹੀ ਰਲਾਉਣ ਜਾਂ ਯੋਗ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਨਾਲ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾ ਰਹੇ ਹਨ, ਜਿਸ ਤੋਂ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ।
ਇਸ ਦੌਰਾਨ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ ਡੀ ਐਮ ਰਵਿੰਦਰ ਬਾਂਸਲ ,ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।