ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ
ਪਟਿਆਲਾ, 14 ਨਵੰਬਰ- () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ ਹੁਣ ਪੰਜਾਬ ਦੇ ਪੰਜਾਬੀ ਬੋਲਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗਾ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਅਜਿਹੇ ਮਾਰੂ ਫੈਸਲੇ ਲੈ ਕੇ ਕੇਂਦਰ ਸਰਕਾਰ ਸਿੱਧਾ ਚੰਡੀਗੜ੍ਹ ਤੇ ਕਬਜ਼ਾ ਕਰਕੇ ਕੰਟਰੋਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ।
ਪ੍ਰੋਫੈਸਰ ਬਡੁੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਬਣਨ ਜਾਣ ਵਾਲੀ ਵਿਧਾਨ ਸਭਾ ਨੂੰ ਲੈ ਕੇ ਜਮੀਨ ਸਬੰਧੀ ਵਾਤਾਵਰਨ ਮੰਤਰਾਲਿਆ ਵੱਲੋਂ ਦਿੱਤੀ ਗਈ ਮਨਜੂਰੀ ਦੀ ਵੀ ਨਿਖੇਦੀ ਕੀਤੀ।
ਉਨਾਂ ਕਿਹਾ ਕਿ ਚੰਡੀਗੜ੍ਹ ਵਿੱਚ 10 ਏਕੜ ਜਮੀਨ ਲੈ ਕੇ ਆਪਣੀ ਵਿਧਾਨ ਸਭਾ ਬਣਾਉਣ ਵਾਲਾ ਹਰਿਆਣਾ ਜੋ ਚੰਡੀਗੜ੍ਹ ਨੂੰ 12 ਏਕੜ ਪੰਚਕੁਲੇ ਵਿੱਚ ਜ਼ਮੀਨ ਦੇਣ ਨੂੰ ਹਾਮੀ ਭਰ ਰਿਹਾ ਹੈ ਕਿਉਂ ਨਾ ਉਹ ਆਪਣੀ ਹੀ ਜਮੀਨ ਵਿੱਚ ਪੰਚਕੂਲੇ ਵਿਖੇ ਹੀ ਵੱਖਰੀ ਪੱਕੇ ਤੌਰ ਤੇ ਵਿਧਾਨ ਸਭਾ ਬਣਾਵੇ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਵਾਂਗ ਹੁਣ ਚੰਡੀਗੜ੍ਹ ਨੂੰ ਸਿੱਧੇ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਕਰਨਾ ਚਾਹੁੰਦੀ ਹੈ, ਕਿਉਂਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਅਧਿਕਾਰ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਮੀਨ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਪੰਜਾਬ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਉਤਰ ਆਈ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਖਾਸ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਇਸ ਮੁੱਦੇ ਤੇ ਸਰਬ ਪਾਰਟੀ ਮੀਟਿੰਗ ਸੱਦ ਕੇ ਇਸ ਮਾਮਲੇ ਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ ।