Fwd: -ਜ਼ਿਲ੍ਹਾ ਟਾਸਕ ਫੋਰਸ ਨੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਬੰਗਾ ਵਿਖੇ ਕੀਤੀ ਚੈਕਿੰਗ

ਜ਼ਿਲ੍ਹਾ ਟਾਸਕ ਫੋਰਸ ਨੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਬੰਗਾ ਵਿਖੇ ਕੀਤੀ ਚੈਕਿੰਗ
 ਬੰਗਾ/ਨਵਾਂਸ਼ਹਿਰ, 13 ਨਵੰਬਰ :     ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ  ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਵਿਚ ਅੱਜ ਬਾਲ ਮਜ਼ਦੂਰੀ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ। ਇਸ ਤਹਿਤ ਬਾਲ ਮਜ਼ਦੂਰੀ ਨੂੰ ਰੋਕਣ ਲਈ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬੰਗਾ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਇਸ ਚੈਕਿੰਗ ਦੌਰਾਨ ਟੀਮ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਵਿਚ ਲੱਗਿਆ ਕੋਈ ਵੀ ਬੱਚਾ ਨਹੀਂ ਪਾਇਆ ਗਿਆ। ਟੀਮ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਹੋ ਰਹੀ ਲਗਾਤਾਰ ਚੈਕਿੰਗ ਦੇ ਫਲਸਰੂਪ ਅੱਜ ਚੈਕਿੰਗ ਦੌਰਾਨ ਕੋਈ ਵੀ ਬੱਚਾ ਮਜ਼ਦੂਰੀ ਕਰਦੇ ਹੋਏ ਨਹੀਂ ਪਾਇਆ ਗਿਆ। ਇਸ ਮੌਕੇ ਮੌਜੂਦ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਪੈਨ ਇੰਡੀਆ ਬਾਲ ਮਜ਼ਦੂਰੀ ਖਿਲਾਫ ਰੈਸਕਿਊ ਅਤੇ ਰੀਹੈਬਿਲੀਟੇਸ਼ਨ ਕੰਪੇਨ ਤਹਿਤ ਪੂਰੇ ਪੰਜਾਬ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਏ ਹੋਏ ਪ੍ਰਵਾਸੀਆਂ ਨੂੰ ਪੰਜਾਬ ਵਿਚ ਭਿੱਖਿਆ ਕਰਨ ਤੋਂ ਰੋਕਿਆ ਜਾ ਸਕੇ ਅਤੇ ਭਿੱਖਿਆ ਵਿਚ ਲੱਗੇ ਹੋਏ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਇਆ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਭੀਖ ਮੰਗਦਾ ਹੋਇਆ ਨਜ਼ਰ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਵੇ। ਮੌਕੇ 'ਤੇ ਹਾਜ਼ਰ ਰਜਿੰਦਰ ਕੌਰ ਬਾਲ ਸੁਰੱਖਿਆ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਵਿਅਕਤੀ ਖ਼ਿਲਾਫ ਜੁਵੇਨਾਈਲ ਜਸਟਿਸ ਐਕਟ ਅਧੀਨ ਦੋ ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਜ਼ੁਰਮਾਨਾ ਹੋ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੀ ਅਗਵਾਈ ਹੇਠ ਕੀਤੀ ਜਾ ਰਹੀ ਚੈਕਿੰਗ ਟੀਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਰਜਿੰਦਰ ਕੌਰ ਬਾਲ ਸੁਰੱਖਿਆ ਅਫਸਰ, ਸੰਤੋਸ਼ ਡੀ.ਈ.ਓ, ਹਰਵਿੰਦਰ ਸਿੰਘ ਲੇਬਰ ਇੰਸਪੈਕਟਰ, ਸਿੱਖਿਆ ਵਿਭਾਗ ਤੋਂ ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਤੋਂ ਛਿੰਦਰਪਾਲ, ਸਿਹਤ ਵਿਭਾਗ ਤੋਂ ਦਰਬਾਰਾ ਸਿੰਘ, ਨਗਰ ਕੌਂਸਲ ਤੋਂ ਰਵਿੰਦਰ ਕੁਮਾਰ, ਪੁਲਿਸ ਵਿਭਾਗ ਤੋਂ ਸੁਰਜੀਤ ਸਿੰਘ ਅਤੇ ਨੀਲਮ ਰਾਣੀ ਹਾਜ਼ਰ ਸਨ।