ਅੰਮ੍ਰਿਤਸਰ 5 ਦਸੰਬਰ - ਜਿਲ੍ਹਾ ਅੰਮ੍ਰਿਤਸਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਦੇ ਦਫਤਰ ਵਿਖੇ ਮਨਾਇਆ ਗਿਆ। ਇਸ ਦੌਰਾਨ ਸੁਪਰਡੰਟ ਜਪਿੰਦਰ ਸਿੰਘ, ਰੁਪਿੰਦਰ ਕੋਰ, ਸਹਾਇਕ ਪ੍ਰੋਫੈਸਰ ਅਤੇ ਸ੍ਰੀ ਅਮਨਦੀਪ ਸਿੰਘ, ਕਲਰਕ ਨੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਬੈਚ/ਝੰਡਾ ਲਗਾਕੇ ਇਸ ਦਿਵਸ ਸ਼ੁਰੂਆਤ ਕੀਤੀ।
ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜ਼ੋ ਕਿ ਦੇਸ਼ ਲਈ ਸ਼ਹੀਦ ਹੌਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ। ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੇ ਇਸ ਝੰਡਾ ਦਿਵਸ ਤੇ ਸਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ।